ਪੰਜਾਬ ਵਿਧਾਨ ਸਭਾ ’ਚ ਬਾਹਰੀ ਸੂਬਿਆਂ ਦੇ ਉਮੀਦਵਾਰਾਂ ਦੀ ਸਰਕਾਰੀ ਭਰਤੀ ’ਤੇ ਸਵਾਲ, ਬਾਜਵਾ ਨੇ ਚੁੱਕਿਆ ਮੁੱਦਾ

ਚੰਡੀਗੜ੍ਹ,  : ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਆਖ਼ਰੀ ਦਿਨ ਸਿਫ਼ਰ ਕਾਲ ਦੌਰਾਨ ਸਰਕਾਰੀ ਨੌਕਰੀਆਂ ਵਿੱਚ ਹੋਰ ਸੂਬਿਆਂ ਦੇ ਉਮੀਦਵਾਰਾਂ ਦੀ ਭਰਤੀ ਦਾ ਮੁੱਦਾ ਗਰਮਾ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਹਤ ਵਿਭਾਗ ਵਿੱਚ ਹੋਈ ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ਦਾ ਹਵਾਲਾ ਦਿੰਦਿਆਂ ਸਰਕਾਰ ਤੋਂ ਸਵਾਲ ਕੀਤੇ।

ਬਾਜਵਾ ਨੇ ਦਾਅਵਾ ਕੀਤਾ ਕਿ ਸਿਹਤ ਵਿਭਾਗ ਵੱਲੋਂ ਭਰਤੀ ਕੀਤੇ ਗਏ 13 ਹੈਲਥ ਵਰਕਰਾਂ ਵਿੱਚੋਂ 10 ਉਮੀਦਵਾਰ ਹਰਿਆਣਾ ਨਾਲ ਸਬੰਧਤ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਨ੍ਹਾਂ ਵਿੱਚੋਂ ਕੁਝ ਉਮੀਦਵਾਰਾਂ ਨੂੰ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਸਰਕਾਰ ਦੀ ਭਰਤੀ ਪ੍ਰਕਿਰਿਆ &rsquoਤੇ ਹੋਰ ਸਵਾਲ ਚੁੱਕਦਿਆਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਈਟੀ ਸੈੱਲ ਨਾਲ ਜੁੜੇ ਕੁਝ ਵਾਲੰਟੀਅਰਾਂ ਨੂੰ ਵੀ ਸਰਕਾਰੀ ਨੌਕਰੀਆਂ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪਾਵਰਕੌਮ ਵਿੱਚ ਗੰਗਾਨਗਰ ਜ਼ਿਲ੍ਹੇ ਨਾਲ ਸਬੰਧਤ ਉਮੀਦਵਾਰਾਂ ਨੂੰ ਮਿਲੀਆਂ 14 ਨੌਕਰੀਆਂ ਦਾ ਵੀ ਜ਼ਿਕਰ ਕੀਤਾ।

ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਬਾਜਵਾ ਦੇ ਦਾਅਵਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਵਿੱਚ ਕੁੱਲ 237 ਹੈਲਥ ਵਰਕਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਇਨ੍ਹਾਂ ਵਿੱਚੋਂ ਸਿਰਫ਼ 13 ਉਮੀਦਵਾਰ ਹਰਿਆਣਾ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਗਲਤ ਅੰਕੜਿਆਂ ਦੇ ਆਧਾਰ &rsquoਤੇ ਪੇਸ਼ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।

ਬਹਿਸ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਪੰਜਾਬ ਤੋਂ ਬਾਹਰਲੇ ਉਮੀਦਵਾਰਾਂ ਦੀ ਸਰਕਾਰੀ ਨੌਕਰੀਆਂ ਵਿੱਚ ਭਰਤੀ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਦੇ ਮੌਕਿਆਂ &rsquoਤੇ ਅਸਰ ਪੈ ਸਕਦਾ ਹੈ ਅਤੇ ਸਰਕਾਰ ਨੂੰ ਇਸ ਰੁਝਾਨ ਨੂੰ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਹਨ।

ਇਸੇ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੇਮ ਪ੍ਰਭਾਵਿਤ ਇਲਾਕਿਆਂ ਲਈ ਵਿਸ਼ੇਸ਼ ਨਹਿਰੀ ਮੋਘਿਆਂ ਦੀ ਮਨਜ਼ੂਰੀ ਦੀ ਮੰਗ ਕੀਤੀ। ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਦੀ ਗੋਲਡਨ ਸ਼ੂਗਰ ਮਿੱਲ ਨਾਲ ਸਬੰਧਤ ਕਰੀਬ 18.93 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਜਾਰੀ ਕਰਨ ਦਾ ਮੁੱਦਾ ਸਦਨ ਵਿੱਚ ਰੱਖਿਆ।