NEET ਅਤੇ ਵਿਦਿਆਰਥੀ ਪ੍ਰਦਰਸ਼ਨ ਮੁੱਦੇ ’ਤੇ ਟਕਰਾਅ, ਅਮਿਤ ਸ਼ਾਹ ਨੇ ਕਿਹਾ- ਵਿਰੋਧੀ ਧਿਰ ਚਰਚਾ ਕਰੇ, ਹਰ ਸਵਾਲ ਦਾ ਦੇਵਾਂਗੇ ਜਵਾਬ

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਵਿਦਿਆਰਥੀ ਪ੍ਰਦਰਸ਼ਨਾਂ ਅਤੇ ਪੁਲਿਸ ਕਾਰਵਾਈ ਨੂੰ ਲੈ ਕੇ ਤਣਾਅ ਜਾਰੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਸਰਕਾਰ ਹਰ ਮੁੱਦੇ &rsquoਤੇ ਚਰਚਾ ਲਈ ਤਿਆਰ ਹੈ, ਪਰ ਵਿਰੋਧੀ ਧਿਰ ਨੂੰ ਸਦਨ ਦੀ ਕਾਰਵਾਈ ਚੱਲਣ ਦੇਣੀ ਚਾਹੀਦੀ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਧਿਰ ਜੇਕਰ ਚਰਚਾ ਕਰਨਾ ਚਾਹੁੰਦੀ ਹੈ ਤਾਂ ਦੁਪਹਿਰ 3 ਵਜੇ ਤੋਂ ਬਹਿਸ ਸ਼ੁਰੂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਸਦਨ ਵਿੱਚ ਮੌਜੂਦ ਰਹਿਣਗੇ, ਵਿਰੋਧੀ ਧਿਰ ਦੇ ਮੈਂਬਰਾਂ ਦੀ ਗੱਲ ਸੁਣਨਗੇ ਅਤੇ ਅਗਲੇ ਦਿਨ ਸਾਰੇ ਮੁੱਦਿਆਂ ਦਾ ਜਵਾਬ ਦੇਣਗੇ।
ਦੂਜੇ ਪਾਸੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਰਕਾਰ &rsquoਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਸਵਾਲ ਉਠਾਇਆ ਕਿ ਵਿਦਿਆਰਥੀਆਂ &rsquoਤੇ ਕਥਿਤ ਲਾਠੀਚਾਰਜ ਅਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ।
ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਅਤੇ RAF ਗ੍ਰਹਿ ਮੰਤਰਾਲੇ ਦੇ ਅਧੀਨ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਨੇ ਅਜਿਹੇ ਕਿਸੇ ਹੁਕਮ ਬਾਰੇ ਜਾਣਕਾਰੀ ਨਹੀਂ ਦਿੱਤੀ ਜਾਂ ਉਨ੍ਹਾਂ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਸੀ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।
ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਵਿਰੋਧੀ ਧਿਰ ਨੂੰ ਅਮਿਤ ਸ਼ਾਹ ਦੇ ਸਿਰਫ਼ ਭਾਸ਼ਣ ਵਿੱਚ ਦਿਲਚਸਪੀ ਨਹੀਂ ਹੈ, ਸਗੋਂ ਉਹ ਵਿਦਿਆਰਥੀਆਂ ਨਾਲ ਜੁੜੇ ਗੰਭੀਰ ਸਵਾਲਾਂ ਦੇ ਜਵਾਬ ਚਾਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ &rsquoਤੇ ਹੋਈ ਕਥਿਤ ਪੁਲਿਸ ਕਾਰਵਾਈ ਨੂੰ ਲੈ ਕੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ।
ਇਸ ਤੋਂ ਪਹਿਲਾਂ ਵੀ ਵਿਰੋਧੀ ਧਿਰ ਵੱਲੋਂ ਸੰਸਦ ਵਿੱਚ ਕਈ ਮੁੱਦਿਆਂ &rsquoਤੇ ਸਰਕਾਰ ਤੋਂ ਜਵਾਬ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸੰਸਦ ਕੰਪਲੈਕਸ ਵਿੱਚ ਸੱਤਾ ਪੱਖ ਅਤੇ ਵਿਰੋਧੀ ਧਿਰ ਵੱਲੋਂ ਵੱਖ-ਵੱਖ ਪ੍ਰਦਰਸ਼ਨ ਵੀ ਕੀਤੇ ਗਏ। ਦੋਵਾਂ ਸਦਨਾਂ ਵਿੱਚ ਹੰਗਾਮੇ ਕਾਰਨ ਕਾਰਵਾਈ ਮੁਲਤਵੀ ਕਰਨੀ ਪਈ।