ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਚੁੱਕਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਭਗਵੰਤ ਮਾਨ ਨੇ ਰਾਜਪਾਲ ਕੋਲ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦਾ ਮੁੱਦਾ ਚੁੱਕਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਇਸ ਲਈ ਜਗਤਾਰ ਸਿੰਘ ਹਵਾਰਾ ਨੂੰ ਮਨੁੱਖਤਾ ਦੇ ਆਧਾਰ ਉੱਤੇ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਬਾਰੇ ਰਾਜਪਾਲ ਨੂੰ ਲਿਖਤੀ ਤੌਰ ਉੱਤੇ ਪੱਤਰ ਵੀ ਭੇਜ ਦਿੱਤਾ ਗਿਆ ਹੈ ਅਤੇ ਅੱਜ ਭਰੋਸਾ ਵੀ ਦਿਵਾਇਆ ਗਿਆ ਹੈ ਕਿ ਹਵਾਰਾ ਦੀ ਪੈਰੋਲ ਦੌਰਾਨ ਕਿਸੇ ਕਿਸਮ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਫ਼ੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲਿਆ ਜਾਣਾ ਹੈ, ਜਿਨ੍ਹਾਂ ਦੀ ਪ੍ਰਵਾਨਗੀ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।